ਰਸੂਲਾਂ ਦੇ ਕਰਤੱਬ 27

1ਇਹ ਨਿਸ਼ਚਿਤ ਸੀ ਕਿ ਅਸੀਂ ਇਤਾਲਿਯਾ ਨੂੰ ਜਹਾਜ਼ ਵਿੱਚ ਸਫ਼ਰ ਕਰਾਂਗੇ। ਪੌਲੁਸ ਅਤੇ ਕੁਝ ਹੋਰ ਕੈਦੀ ਇੱਕ ਯੂਲਿਉਸ ਨਾਂ ਦੇ ਸੈਨਾ ਅਧਿਕਾਰੀ ਦੇ ਹਵਾਲੇ ਕਰ ਦਿੱਤੇ ਗਏ ਸਨ। ਯੂਲਿਉਸ “ਪਾਤਸ਼ਾਹੀ” ਨਾਮੇ ਖਾਸ ਸੈਨਾ ਸਮੂਹ ਨਾਲ ਸੰਬੰਧਿਤ ਸੀ। 2ਅਸੀਂ ਜਹਾਜ਼ ਵਿੱਚ ਚੜ੍ਹ੍ਹ ਗਏ। ਇਹ ਜਹਾਜ਼ ਅੱਸਿਯਾ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ। ਅਰਿਸਤਰੱਖੁਸ ਜੋ ਕਿ ਥੱਸਲੁਨੀਕੇ ਮਕਦੂਨਿਯਾ ਦੇ ਸ਼ਹਿਰ ਦਾ ਸੀ, ਸਾਡੇ ਨਾਲ ਗਿਆ ਸੀ। 3ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉੱਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਬੜਾ ਚੰਗਾ ਸਲੂਕ ਕੀਤਾ ਅਤੇ ਉਸ ਨੂੰ ਉੱਥੇ ਆਪਣੇ ਮਿੱਤਰਾਂ ਨੂੰ ਮਿਲਣ ਦੀ ਪਰਵਾਨਗੀ ਦੇ ਦਿੱਤੀ। ਇਨ੍ਹਾਂ ਮਿੱਤਰਾਂ ਨੇ ਪੌਲੁਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਿਆ। 4ਅਸੀਂ ਸੈਦਾ ਦਾ ਸ਼ਹਿਰ ਛੱਡ ਦਿੱਤਾ ਅਤੇ ਕੁਪਰੁਸ ਟਾਪੂ ਦੇ ਤੱਟ ਤੇ ਸਫ਼ਰ ਕੀਤਾ ਕਿਉਂਕਿ ਹਵਾ ਸਾਡੇ ਅਗਿਉਂ ਵਗ ਰਹੀ ਸੀ। 5ਅਸੀਂ ਦਿਲਦਿਯਾ ਅਤੇ ਪੰਮਫ਼ੁਲਿਯਾ ਦੇ ਨੇੜਿਉਂ ਸਮੁੰਦਰੋਂ ਪਾਰ ਲੰਘੇ ਅਤੇ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਪਹੁੰਚੇ। 6ਉੱਥੇ ਸੈਨਾ ਅਧਿਕਾਰੀ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਵੇਖਿਆ ਜੋ ਕਿ ਇਤਾਲਿਯਾ ਵੱਲ ਜਾ ਰਿਹਾ ਸੀ ਅਤੇ ਸਾਨੂੰ ਉਸ ਜਹਾਜ਼ ਉੱਪਰ ਚੜ੍ਹਾ ਦਿੱਤਾ। 7ਬੜੇ ਦਿਨ ਅਸੀਂ ਹੌਲੀ-ਹੌਲੀ ਸਫ਼ਰ ਕਰਦੇ ਰਹੇ ਪਰ ਸਾਡੇ ਵਾਸਤੇ ਕਨੀਦੁਸ ਸ਼ਹਿਰ ਤੱਕ ਪਹੁੰਚਣਾ ਬੜਾ ਮੁਸ਼ਕਿਲ ਹੋ ਰਿਹਾ ਸੀ ਕਿਉਂਕਿ ਹਵਾ ਸਾਡੇ ਸਾਹਮਣੀ ਤਰਫ਼ੋ ਸੀ। ਅਸੀਂ ਉਸ ਰਸਤੇ ਬਹੁਤੀ ਦੂਰ ਤੱਕ ਨਹੀਂ ਸੀ ਜਾ ਸੱਕਦੇ। ਇਸ ਲਈ ਅਸੀਂ ਕਰੇਤ ਟਾਪੂ ਦੇ ਦੱਖਣੀ ਪਾਸੇ ਸਲਮੋਨੋ ਦੇ ਨੇੜੇ ਨੂੰ ਸਫ਼ਰ ਕੀਤਾ। 8ਬੜੀ ਮੁਸ਼ਕਿਲ ਨਾਲ, ਅਸੀਂ ਸਮੁੰਦਰੀ ਤਟ ਦੇ ਨਾਲ ਸਫ਼ਰ ਕੀਤਾ ਅਤੇ, “ਸੁਰੱਖਿਅਤ ਬੰਦਰਗਾਹ” ਨਾਮੀਂ ਇੱਕ ਜਗ਼੍ਹਾ ਤੇ ਪਹੁੰਚੇ। ਉੱਥੋਂ ਲਸਾਯਾ ਨਗਰ ਨੇੜੇ ਹੀ ਸੀ। 9ਪਰ ਅਸੀਂ ਬੜਾ ਸਮਾਂ ਗੁਆ ਚੁੱਕੇ ਸਾਂ, ਇਸ ਵਕਤ ਜਹਾਜ਼ ਦਾ ਸਫ਼ਰ ਬਹੁਤ ਖਤਰੇ ਵਾਲਾ ਸੀ ਕਿਉਂਕਿ ਯਹੂਦੀਆਂ ਦੇ ਵਰਤ ਦੇ ਦਿਨ ਪਹਿਲਾਂ ਹੀ ਲੰਘ ਚੁੱਕੇ ਸਨ। ਇਸ ਲਾਈ ਪੌਲੁਸ ਨੇ ਉਨ੍ਹਾਂ ਨੂੰ ਚੁਕੰਨਾ ਕੀਤਾ ਤੇ ਕਿਹਾ, 10“ਹੇ ਮਨੁੱਖੋ। ਮੈਂ ਵੇਖ ਰਿਹਾ ਹਾਂ ਕਿ ਇਸ ਯਾਤਰਾ ਵਿੱਚ ਬਹੁਤ ਸੰਕਟ ਆਵੇਗਾ। ਸਾਡਾ ਜਹਾਜ਼ ਅਤੇ ਇਸ ਵਿੱਚਲਾ ਸਾਰਾ ਸਮਾਨ ਨਸ਼ਟ ਹੋ ਜਾਵੇਗਾ। ਹੋ ਸੱਕਦਾ ਹੈ ਕਿ ਸਾਡੀਆਂ ਜਾਨਾਂ ਵੀ ਚਲੀਆਂ ਜਾਣ।” 11ਪਰ ਜਹਾਜ਼ ਦਾ ਕਪਤਾਨ ਤੇ ਮਾਲਿਕ ਪੌਲੁਸ ਦੀ ਇਸ ਗੱਲ ਨਾਲ ਸਹਿਮਤ ਨਾ ਹੋਏ ਇਸ ਲਈ ਸੈਨਾ-ਅਧਿਕਾਰੀ ਨੇ ਪੌਲੁਸ ਦੀ ਗੱਲ ਦਾ ਯਕੀਨ ਨਾ ਕੀਤਾ ਸਗੋਂ ਉਸ ਨੇ ਜਹਾਜ਼ ਦੇ ਕਪਤਾਨ ਅਤੇ ਮਾਲਿਕ ਦੀ ਗੱਲ ਤੇ ਇਤਬਾਰ ਕੀਤਾ। 12ਅਤੇ ਉਹ ਘਾਟ ਸਰਦੀਆਂ ਵਿੱਚ ਜਹਾਜ਼ ਦੇ ਰੁਕਣ ਲਈ ਠੀਕ ਨਹੀਂ ਸੀ, ਇਸ ਲਈ ਬਹੁਤ ਸਾਰੇ ਲੋਕਾਂ ਨੇ ਉੱਥੋਂ ਚੱਲੇ ਜਾਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਫ਼ੈਨੀਕੁਸ ਪਹੁੰਚਣ ਦੀ ਉਮੀਦ ਕੀਤੀ ਤਾਂ ਜੋ ਜਹਾਜ਼ ਸਿਆਲਾਂ ਦੇ ਲੰਘਣ ਤੀਕ ਉੱਥੇ ਖੜ੍ਹਾ ਕੀਤਾ ਜਾ ਸੱਕੇ। ਫ਼ੈਨੀਕੁਸ ਸ਼ਹਿਰ ਕਰੇਤ ਟਾਪੂ ਦਾ ਇੱਕ ਸ਼ਹਿਰ ਹੈ। ਉਸਦਾ ਇੱਕ ਘਾਟ ਹੈ ਜਿਹੜਾ ਦੱਖਣ-ਪੱਛਮ ਅਤੇ ਉੱਤਰ-ਪੱਛਮ ਦੇ ਪਾਸੇ ਵੱਲ ਹੈ। 13ਜਦੋਂ ਦੱਖਣ ਵੱਲੋਂ ਹੌਲੇ-ਹੌਲੇ ਹਵਾ ਵਗਣ ਲੱਗੀ, ਜਹਾਜ਼ ਉੱਤੇ ਆਦਮੀਆਂ ਨੇ ਸੋਚਿਆ, “ਇਹੋ ਹਵਾ ਸੀ ਜੋ ਸਾਨੂੰ ਚਾਹੀਦੀ ਸੀ ਅਤੇ ਸਾਨੂੰ ਮਿਲ ਗਈ ਹੈ।” ਇਸ ਲਈ ਉਨ੍ਹਾਂ ਨੇ ਲੰਗਰ ਨੂੰ ਉਤਾਂਹ ਚੁੱਕਿਆ। ਅਸੀਂ ਕਰੇਤ ਟਾਪੂ ਦੇ ਬਹੁਤ ਨੇੜੇ ਆ ਗਏ। 14ਪਰ ਤਦ “ਉੱਤਰੀ ਪੂਰਬ” ਵੱਲੋਂ ਇੱਕ ਬੜੀ ਤਕੜੀ ਹਨੇਰੀ ਟਾਪੂ ਤੇ ਆਈ। 15ਇਹ ਹਵਾ ਜਹਾਜ਼ ਨੂੰ ਆਪਣੇ ਨਾਲ ਲੈ ਤੁਰੀ ਅਤੇ ਜਹਾਜ਼ ਹਵਾ ਦੀ ਉਲਟ ਦਿਸ਼ਾ ਵੱਲ ਜਾਣ ਤੋਂ ਅਸਮਰੱਥ ਸੀ। ਇਸ ਲਈ ਕੋਸ਼ਿਸ਼ ਕਰਨੀ ਬੰਦ ਕਰ ਦਿੱਤੀ ਅਤੇ ਹਵਾ ਨੂੰ ਸਾਨੂੰ ਨਾਲ ਲੈ ਜਾਣ ਦਿੱਤਾ। 16ਅਸੀਂ ਕਲੌਦਾ ਨਾਂ ਦੇ ਇੱਕ ਛੋਟੇ ਟਾਪੂ ਕੋਲ ਜਾ ਪੁੱਜੇ। ਫ਼ੇਰ ਬੜੀ ਮੁਸ਼ਕਿਲ ਨਾਲ ਅਸੀਂ ਜੀਵਨ ਬੇੜੀ ਜਹਾਜ਼ ਤੇ ਲਿਆ ਸੱਕੇ। 17ਉਨ੍ਹਾਂ ਨੇ ਜੀਵਨ ਬੇੜੀ ਨੂੰ ਅੰਦਰ, ਇੱਕ ਸਾਥ ਸਹਾਰਾ ਦੇ ਕੇ ਥੱਲਿਉਂ ਜਹਾਜ਼ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ। ਉਹ ਇਸ ਗੱਲੋਂ ਡਰਨ ਲੱਗੇ ਕਿ ਜਹਾਜ਼ ਕਿਤੇ ਸਿਰੁਤੀ ਦੇ ਬਰੇਤੇ ਵਿੱਚ ਨਾ ਫ਼ਸ ਜਾਵੇ ਇਸ ਲਈ ਉਨ੍ਹਾਂ ਨੇ ਪਾਲ ਹੇਠਾਂ ਕਰ ਲਏ ਅਤੇ ਤੇਜ਼ ਹਵਾ ਨੂੰ ਜਹਾਜ਼ ਨੂੰ ਰੋੜਨ ਦਿੱਤਾ। 18ਅਗਲੇ ਦਿਨ ਤੂਫ਼ਾਨ ਇੰਨਾ ਤੇਜ਼ ਵਗ ਰਿਹਾ ਸੀ ਕਿ ਉਨ੍ਹਾਂ ਨੇ ਕਈ ਵਸਤਾਂ ਜਹਾਜ਼ ਵਿੱਚੋਂ ਸਮੁੰਦਰ ਵਿੱਚ ਸੁੱਟ ਦਿੱਤੀਆਂ। 19ਇੱਕ ਦਿਨ ਬਾਅਦ ਉਨ੍ਹਾਂ ਨੇ ਜਹਾਜ਼ ਦਾ ਅਸਬਾਬ ਵੀ ਕੱਢ ਕੇ ਸੁੱਟ ਦਿੱਤਾ। 20ਕਈ ਦਿਨਾਂ ਤੱਕ ਅਕਾਸ਼ ਤੇ ਸਾਨੂੰ ਕੋਈ ਸੂਰਜ ਜਾਂ ਤਾਰੇ ਨਜ਼ਰ ਨਾ ਆਏ। ਇਹ ਬੜਾ ਭਿਅੰਕਰ ਤੂਫ਼ਾਨ ਸੀ। ਅਸੀਂ ਜਿਉਣ ਦੀ ਹੋਰ ਆਸ ਗੁਆ ਦਿੱਤੀ। 21ਆਦਮੀਆਂ ਨੇ ਕਈ ਦਿਨਾਂ ਤੱਕ ਕੁਝ ਨਾ ਖਾਧਾ, ਤਦ ਇੱਕ ਦਿਨ ਪੌਲੁਸ ਉਨ੍ਹਾਂ ਵਿੱਚ ਖਲ੍ਹੋ ਕੇ ਬੋਲਿਆ, “ਹੇ ਪੁਰਖੋ। ਮੈਂ ਤੁਹਾਨੂੰ ਕਿਹਾ ਸੀ ਜੌਕਿ ਕਰੇਤ ਤੋਂ ਨਾ ਜਾਵੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਸੀ ਜੇਕਰ ਤੁਸੀਂ ਮੇਰਾ ਕਿਹਾ ਮੰਨਿਆ ਹੁੰਦਾ ਤਾਂ ਤੁਹਾਨੂੰ ਇਹ ਮੁਸੀਬਤ ਅਤੇ ਨੁਕਸਾਨ ਨਾ ਉੱਠਾਉਣਾ ਪੈਂਦਾ। 22ਪਰ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਹੌਸਲਾ ਰੱਖੋ। ਤੁਹਾਡੇ ਵਿੱਚੋਂ ਕੋਈ ਵੀ ਨਹੀਂ ਮਰੇਗਾ, ਪਰ ਜਹਾਜ਼ ਤਬਾਹ ਹੋ ਜਾਵੇਗਾ। 23ਕੱਲ ਰਾਤ ਇੱਕ ਦੂਤ ਮੇਰੇ ਕੋਲ ਆਇਆ ਜਿਸ ਨੂੰ ਪਰਮੇਸ਼ੁਰ ਨੇ ਭੇਜਿਆ ਸੀ, ਇਹ ਉਹੀ ਪਰਮੇਸ਼ੁਰ ਹੈ ਜਿਸਦੀ ਮੈਂ ਉਪਾਸਨਾ ਕਰਦਾ ਹਾਂ, ਮੈਂ ਉਸੇ ਦਾ ਹਾਂ। 24ਪਰਮੇਸ਼ੁਰ ਦੇ ਦੂਤ ਨੇ ਕਿਹਾ, ‘ਪੌਲੁਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖੜ੍ਹਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਿਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ।’ 25ਸੋ, ਹੇ ਪੁਰੱਖੋ। ਹੌਸਲਾ ਰੱਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ ਕਿ ਸਭ ਕੁਝ ਉਵੇਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ। 26ਪਰ ਅਸੀਂ ਜ਼ਰੂਰ ਕਿਸੇ ਟਾਪੂ ਨਾਲ ਜਾ ਟਕਰਾਵਾਂਗੇ।” 27ਚੌਦ੍ਹਵੀਂ ਰਾਤ ਜਦੋਂ ਆਈ ਤਾਂ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ ਰਹੇ ਸਾਂ। ਤਾਂ ਅੱਧੀ ਰਾਤ ਦੇ ਕਰੀਬ ਮਲਾਹਾਂ ਨੇ ਸੋਚਿਆ ਕਿ ਅਸੀਂ ਧਰਤੀ ਦੇ ਨੇੜੇ ਸੀ। 28ਉਨ੍ਹਾਂ ਨੇ ਰੱਸੇ ਦੇ ਸਿਰੇ ਤੇ ਭਾਰ ਬੰਨ੍ਹਕੇ ਉਸ ਨੂੰ ਪਾਣੀ ਵਿੱਚ ਸੁੱਟਿਆ। ਉਹ ਜਾਣ ਗਏ ਕਿ ਉੱਥੇ ਪਾਣੀ ਇੱਕ ਸੌ ਵੀਹ ਫ਼ੁੱਟ ਡੂੰਘਾ ਸੀ ਫ਼ੇਰ ਉਨ੍ਹਾਂ ਨੇ ਕੁਝ ਦੂਰੀ ਹੋਰ ਤਹਿ ਕੀਤੀ ਅਤੇ ਤਾਂ ਫ਼ਿਰ ਰੱਸਾ ਪਾਣੀ ਵਿੱਚ ਸੁੱਟਿਆ। ਉੱਥੇ ਪਾਣੀ ਨੱਬੇ ਫ਼ੁੱਟ ਡੂੰਘਾ ਸੀ। 29ਮਲਾਹਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਮਲਾਹ ਤਾਂ ਜਹਾਜ਼ ਹੀ ਛੱਡ ਕੇ ਜਾਣ ਨੂੰ ਤਿਆਰ ਸਨ। 30ਉਨ੍ਹਾਂ ਨੇ ਡੌਂਗੀ ਨੂੰ ਪਾਣੀ ਵਿੱਚ ਥੋੜਾ ਥੱਲੇ ਕੀਤਾ। ਉਹ ਚਾਹੁੰਦੇ ਸਨ ਕਿ ਬਾਕੀ ਲੋਕ ਇਹ ਸੋਚਣ ਕਿ ਉਹ ਜਹਾਜ਼ ਦੇ ਅਗਲੇ ਪਾਸਿਓ ਪਾਣੀ ਵਿੱਚ ਹੋਰ ਲੰਗਰ ਸੁੱਟ ਰਹੇ ਹਨ। 31ਤਾਂ ਪੌਲੁਸ ਨੇ ਸੈਨਾਪਤੀ ਨੂੰ ਅਤੇ ਹੋਰ ਸਿਪਾਹੀਆਂ ਨੂੰ ਕਿਹਾ, “ਜੇਕਰ ਇਹ ਮਨੁੱਖ ਇਸ ਜਹਾਜ਼ ਵਿੱਚ ਨਹੀਂ ਠਹਿਰਣਗੇ, ਤਾਂ ਤੁਹਾਡੀਆਂ ਜਾਨਾਂ ਨਹੀਂ ਬਚ ਸੱਕਦੀਆਂ।” 32ਤਾਂ ਸਿਪਾਹੀਆਂ ਨੇ ਰਸਿਆਂ ਨੂੰ ਵੱਢ ਦਿੱਤਾ ਅਤੇ ਡੌਂਗੀ ਪਾਣੀ ਵਿੱਚ ਡਿੱਗਣ ਦਿੱਤੀ। 33ਦਿਨ ਚੜ੍ਹ੍ਹਨ ਤੋਂ ਪਹਿਲਾਂ ਪੌਲੁਸ ਨੇ ਸਾਰੇ ਆਦਮੀਆਂ ਨੂੰ ਕੁਝ ਖਾ ਲੈਣ ਲਈ ਮਿੰਨਤ ਕੀਤੀ। ਉਸ ਕਿਹਾ, “ਪਿੱਛਲੇ ਚੌਦਹਾਂ ਦਿਨਾਂ ਤੋਂ ਤੁਸੀਂ ਵੇਖ ਰਹੇ ਹੋ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹੋ ਅਤੇ ਤੁਸੀਂ ਕੁਝ ਵੀ ਨਹੀਂ ਖਾਧਾ। 34ਇਸ ਲਈ ਮੈਂ ਕੁਝ ਖਾਣ ਲਈ ਤੁਹਾਡੀ ਮਿੰਨਤ ਕਰਦਾ ਹਾਂ। ਤੁਹਾਡੇ ਜਿਉਣ ਵਾਸਤੇ ਇਹ ਜ਼ਰੂਰੀ ਹੈ। ਤੁਹਾਡੇ ਸਾਰਿਆਂ ਵਿੱਚੋਂ ਕਿਸੇ ਇੱਕ ਦੇ ਸਿਰ ਦਾ ਇੱਕ ਵੀ ਵਾਲ ਵਿੰਗਾ ਨਹੀਂ ਹੋਵੇਗਾ।” 35ਇਹ ਕਹਿਣ ਤੋਂ ਬਾਅਦ ਪੌਲੁਸ ਨੇ ਕੁਝ ਰੋਟੀ ਹੱਥ ਵਿੱਚ ਫ਼ੜਕੇ ਸਾਰਿਆਂ ਸਾਹਮਣੇ ਪਰਮੇਸ਼ੁਰ ਦਾ ਸ਼ੁਕਰ ਕੀਤਾ। ਉਸ ਨੇ ਇੱਕ ਟੁਕੜਾ ਤੋੜਿਆ ਅਤੇ ਖਾਣਾ ਸ਼ੁਰੂ ਕਰ ਦਿੱਤਾ। 36ਸਾਰੇ ਮਨੁੱਖਾਂ ਨੂੰ ਉਤਸਾਹ ਮਿਲਿਆ ਤੇ ਉਨ੍ਹਾਂ ਸਾਰਿਆਂ ਨੇ ਵੀ ਖਾਣਾ ਸ਼ੁਰੂ ਕਰ ਦਿੱਤਾ। 37(ਅਸੀਂ ਸਾਰੇ ਇਕੱਠੇ, ਜਹਾਜ਼ ਤੇ 276 ਆਦਮੀ ਸਾਂ।) 38ਅਸੀਂ ਭਰ ਪੇਟ ਖਾਧਾ ਅਤੇ ਉਸਤੋਂ ਬਾਅਦ ਬਾਕੀ ਕਣਕ ਸਮੁੰਦਰ ਵਿੱਚ ਸੁਟਕੇ ਜਹਾਜ਼ ਨੂੰ ਹਲਕਿਆਂ ਕੀਤਾ। 39ਜਦੋਂ ਦਿਨ ਚੜ੍ਹ੍ਹਿਆ ਤਾਂ ਮਲਾਹਾਂ ਨੂੰ ਧਰਤੀ ਵਿਖਾਈ ਦਿੱਤੀ। ਪਰ ਉਨ੍ਹਾਂ ਕੋਲੋਂ ਇਹ ਧਰਤੀ ਪਛਾਣੀ ਨਾ ਗਈ। ਉਨ੍ਹਾਂ ਨੇ ਸਮੁੰਦਰ ਦੇ ਕੰਢੇ ਇੱਕ ਖਾੜੀ ਵੇਖੀ, ਇਸ ਲਈ ਜੇਕਰ ਉਹ ਕਰ ਸੱਕਣ ਉਨ੍ਹਾਂ ਨੇ ਜਹਾਜ਼ ਨੂੰ ਖਾੜੀ ਤੇ ਲਿਜਾਣ ਦਾ ਫ਼ੈਸਲਾ ਕੀਤਾ। 40ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵੱਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ। 41ਪਰ ਜਹਾਜ਼ ਬਰੇਤੇ ਨਾਲ ਜਾ ਟਕਰਾਇਆ। ਜਹਾਜ਼ ਦਾ ਅਗਲਾ ਹਿੱਸਾ ਰੇਤ ਵਿੱਚ ਖੁੱਭ ਗਿਆ ਅਤੇ ਉੱਥੋਂ ਹਿੱਲ ਨਾ ਸੱਕਿਆ। ਫ਼ਿਰ ਸਮੁੰਦਰ ਦੀਆਂ ਵੱਡੀਆਂ ਲਹਿਰਾਂ ਨੇ ਜਹਾਜ਼ ਨੂੰ ਟੁਕੜੇ-ਟੁਕੜੇ ਕਰ ਦਿੱਤਾ। 42ਸਿਪਾਹੀਆਂ ਨੇ ਕੈਦੀਆਂ ਨੂੰ ਮਾਰ ਦੇਣ ਦਾ ਫ਼ੈਸਲਾ ਕੀਤਾ ਤਾਂ ਜੋ ਕੋਈ ਵੀ ਤਰਕੇ ਆਪਣੇ ਆਪ ਨੂੰ ਨਾ ਬਚਾ ਸੱਕੇ। 43ਸੈਨਾ ਅਧਿਕਾਰੀ ਯੂਲਿਉਸ ਪੌਲੁਸ ਨੂੰ ਜਿਉਂਦਾ ਰੱਖਣਾ ਚਾਹੁੰਦਾ ਸੀ ਇਸ ਲਈ ਉਸ ਨੇ ਉਨ੍ਹਾਂ ਨੂੰ ਮਾਰਨ ਤੋਂ ਰੋਕ ਦਿੱਤਾ। ਯੂਲਿਉਸ ਨੇ ਸਗੋਂ ਹੁਕਮ ਦਿੱਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੈ ਉਹ ਛਾਲ ਮਾਰਕੇ ਤੈਰ ਕੇ ਪਹਿਲਾਂ ਧਰਤੀ ਤੇ ਜਾ ਨਿਕਲਣ। 44ਫ਼ੇਰ ਬਾਕੀਆਂ ਨੇ ਲੱਕੜ ਦੇ ਫ਼ੱਟਿਆਂ ਅਤੇ ਜ਼ਮੀਨ ਤੱਕ ਪਹੁੰਚਣ ਲਈ ਜਹਾਜ਼ ਦੇ ਟੁਕੜਿਆਂ ਦਾ ਇਸਤੇਮਾਲ ਕੀਤਾ ਅਤੇ ਕਿਵੇਂ ਨਾ ਕਿਵੇਂ ਸਾਰੇ ਜਣੇ ਸੁਰੱਖਿਅਤ ਜ਼ਮੀਨ ਤੇ ਪਹੁੰਚ ਗਏ।

will be added

X\