WTC
Audio:
Drama
  • Drama
  • Non-Drama
Text Size

ਯੂਹੰਨਾ 6 - Punjabi - 2000 Edition - Bible.is - PANWTC

  1  ਇਸ ਤੋਂ ਬਾਦ ਯਿਸੂ ਗਲੀਲ ਝੀਲ ਅਰਥਾਤ ਤਿਬਿਰਿਯਾਸ ਝੀਲ ਦੇ ਦੂਜੇ ਪਾਸੇ ਚੱਲਿਆ ਗਿਆ।   2  ਬਹੁਤ ਸਾਰੇ ਲੋਕ ਉਸ ਦੇ ਨਾਲ ਗਏ। ਉਹ ਇਸ ਲਈ ਗਏ ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਕਰਿਸ਼ਮੇ ਵੇਖੇ ਸਨ।   3  ਯਿਸੂ ਪਹਾੜੀ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ।   4  ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਆ ਰਿਹਾ ਸੀ।   5  ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫਿਲਿਪੁੱਸ ਨੂੰ ਆਖਿਆ, “ਅਸੀਂ ਕਿੱਥੋਂ ਉਚਿਤ ਰੋਟੀ ਖਰੀਦ ਸੱਕਦੇ ਹਾਂ ਤਾਂ ਜੋ ਉਹ ਸਾਰੇ ਖਾ ਸੱਕਦੇ ਹਨ।”   6  ਯਿਸੂ ਨੇ ਇਹ ਪ੍ਰਸ਼ਨ ਫਿਲਿਪੁੱਸ ਨੂੰ ਪਰੱਖਣ ਵਾਸਤੇ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।   7  ਫਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਸਾਰੇ ਇੱਕ ਮਹੀਨੇ ਲਈ ਕੰਮ ਕਰੀਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁਕੜਾ ਹੀ ਦੇਣ ਯੋਗ ਹੋਵਾਂਗੇ।”   8  ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸਮਊਨ ਪਤਰਸ ਦਾ ਭਰਾ ਸੀ, ਉਸ ਨੇ ਆਖਿਆ,   9  “ਏਥੇ ਇੱਕ ਬੱਚਾ ਹੈ ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨੇ ਸਾਰੇ ਲੋਕਾਂ ਲਈ ਕਿਵੇਂ ਕਾਫੀ ਹੋਣਗੀਆਂ?”   10  ਯਿਸੂ ਨੇ ਆਖਿਆ, “ਲੋਕਾਂ ਨੂੰ ਆਖੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ। ਤਾਂ ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।   11  ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ। ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾਂ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।   12  ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁਕੜੇ ਇਕੱਠੇ ਕਰ ਲਓ, ਕੁਝ ਵੀ ਜਾਇਆ ਨਾ ਕਰੋ।”   13  ਤਾਂ ਚੇਲਿਆਂ ਨੇ ਬਚੇ ਹੋਏ ਟੁਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਛੱਡੀਆਂ ਗਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁਕੜਿਆਂ ਨਾਲ 12 ਟੋਕਰੀਆਂ ਭਰੀਆਂ।   14  ਯਿਸੂ ਦੀ ਕਰਾਮਾਤ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ ਜਿਸਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”   15  ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਬਾਦਸ਼ਾਹ ਬਨਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋਕੇ ਇੱਕਲਾ ਹੀ ਪਹਾੜਾਂ ਵੱਲ ਚੱਲਿਆ ਗਿਆ।   16  ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਨੂੰ ਚੱਲੇ ਗਏ।   17  ਪਹਿਲਾਂ ਤੋਂ ਹੀ ਹਨੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਰਤਿਆ ਸੀ। ਚੇਲੇ ਕਿਸ਼ਤੀ ਵਿੱਚ ਬੈਠੇ ਅਤੇ ਕਫਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਦੂਜੇ ਪਾਰ ਸੀ।   18  ਤੇਜ਼ ਹਵਾ ਚੱਲ ਰਹੀ ਸੀ। ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।   19  ਚੇਲੇ ਲਗਭਗ ਤਿੰਨ ਜਾਂ ਚਾਰ ਮੀਲ ਝੀਲ ਦੇ ਅਗ੍ਹਾਂ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ। ਉਹ ਪਾਣੀ ਉੱਤੇ ਚੱਲ ਰਿਹਾ ਸੀ। ਚੇਲੇ ਯਿਸੂ ਨੂੰ ਕਿਸ਼ਤੀ ਦੇ ਨੇੜੇ ਆਉਂਦਾ ਵੇਖ ਡਰ ਗਏ।   20  ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਹਾਂ ਡਰੋ ਨਾ।”   21  ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਅੰਦਰ ਚੜ੍ਹਾ ਕੇ ਖੁਸ਼ ਹੋ ਗਏ। ਉਸਤੋਂ ਬਾਦ ਜਿੱਥੇ ਉਨ੍ਹਾਂ ਨੇ ਪੁੱਜਣਾ ਸੀ, ਬੇੜੀ ਉੱਥੇ ਪਹੁੰਚੀ।   22  ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇੱਕਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।   23  ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਦ ਰੋਟੀ ਖਾਧੀ ਸੀ।   24  ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫਰਨਾਹੂਮ ਨੂੰ ਆ ਗਏ।   25  ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਰਲੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਤੁਸੀਂ ਇੱਥੇ ਕਦੋਂ ਆਏ?”   26  ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਕਰਿਸ਼ਮੇ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂ ਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।   27  ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”   28  ਭੀੜ ਨੇ ਪੁੱਛਿਆ, “ਉਹ ਕਿਹੜੀਆਂ ਕਰਨੀਆਂ ਹਨ ਜਿਹੜੀਆਂ ਪਰਮੇਸ਼ੁਰ ਸਾਥੋਂ ਕਰਨ ਦੀ ਆਸ ਰੱਖਦਾ ਹੈ?”   29  ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਥੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਵਿੱਚ ਵਿਸ਼ਵਾਸ ਕਰੋ।”   30  ਭੀੜ ਨੇ ਪੁੱਛਿਆ, “ਤੂੰ ਕਿਹੜਾ ਕਰਿਸ਼ਮਾ ਕਰੇਂਗਾ ਕਿ ਅਸੀਂ ਵੇਖ ਸੱਕੀਏ ਅਤੇ ਵਿਸ਼ਵਾਸ ਕਰ ਸੱਕੀਏ? ਤੂੰ ਕੀ ਕਰਨ ਵਾਲਾ ਹੈ?   31  ਸਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ‘ਉਸਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।’”   32  ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਮੂਸਾ ਨਹੀਂ ਸੀ ਜਿਸਨੇ ਤੁਹਾਨੂੰ ਸਵਰਗ ਵੱਲੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ।   33  ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗਾਂ ਤੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”   34  ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾ ਦੇਵੀਂ।”   35  ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।   36  ਮੈਂ ਤੁਹਾਨੂੰ ਪਹਿਲਾਂ ਵੀ ਆਖਿਆ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਨਿਹਚਾ ਨਹੀਂ ਕਰਦੇ।   37  ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦਿੰਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।   38  ਕਿਉਂਕਿ ਮੈਂ ਸਵਰਗ ਤੋਂ ਆਪਣੀ ਖੁਦ ਦੀ ਇੱਛਾ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।   39  ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤਲੇ ਦਿਨ ਜਿਉਂਦਾ ਉੱਠਾਵਾਂਗਾ। ਉਹ, ਜਿਸਨੇ ਮੈਨੂੰ ਭੇਜਿਆ ਹੈ, ਇਹੀ ਆਸ ਰੱਖਦਾ ਹੈ।   40  ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਨਿਹਚਾ ਰੱਖਦਾ ਹੈ ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਉੱਠਾਵਾਂਗਾ।”   41  ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗ ਪਏ ਕਿਉਂਕਿ ਉਸ ਨੇ ਆਖਿਆ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”   42  ਯਹੂਦੀਆਂ ਨੇ ਆਖਿਆ, “ਉਹ ਯਿਸੂ ਹੈ। ਉਹ ਯੂਸੁਫ਼ ਦ ਪੁੱਤਰ ਹੈ। ਅਸੀਂ ਉਸ ਦੇ ਮਾਤਾ ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇ ਕਹਿ ਸੱਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”   43  ਪਰ ਯਿਸੂ ਨੇ ਆਖਿਆ, “ਆਪਣੇ-ਆਪ ਵਿੱਚ ਬੁੜ-ਬੁੜਾਉਨਾ ਬੰਦ ਕਰੋ।   44  ਕੋਈ ਵੀ ਵਿਅਕਤੀ ਮੇਰੇ ਤੱਕ ਨਹੀਂ ਆ ਸੱਕਦਾ ਜਦੋਂ ਤੱਕ ਕਿ ਪਿਤਾ ਜਿਸਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਤੱਕ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤਲੇ ਦਿਨ ਜਿਉਂਦਾ ਉੱਠਾਵਾਂਗਾ।   45  ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ‘ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ।’ ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿਖਦਾ ਹੈ ਮੇਰੇ ਤੱਕ ਆਉਂਦਾ।   46  ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਤੋਂ ਆਇਆ ਹੈ, ਉਹੀ ਹੈ ਜਿਸਨੇ ਪਿਤਾ ਨੂੰ ਵੇਖਿਆ।   47  “ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਨਿਹਚਾ ਰੱਖਦਾ ਹੈ ਸਦੀਪਕ ਜੀਵਨ ਪਾਉਂਦਾ ਹੈ।   48  ਮੈਂ ਹੀ ਜੀਵਨ ਦੀ ਰੋਟੀ ਹਾਂ।   49  ਤੁਹਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਅਤੇ ਮਰ ਗਏ।   50  ਮੈਂ ਉਹ ਰੋਟੀ ਹਾਂ ਜੋ ਸੁਰਗ ਤੋਂ ਹੇਠਾਂ ਆਉਂਦੀ ਹੈ। ਜੇਕਰ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।   51  ਮੈਂ ਜਿਉਂਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਹ ਰੋਟੀ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਦੁਨੀਆਂ ਦੇ ਲੋਕਾਂ ਨੂੰ ਜੀਵਨ ਮਿਲ ਸੱਕੇ।”   52  ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਲਈ ਕਿਵੇਂ ਦੇ ਸੱਕਦਾ ਹੈ?”   53  ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਤੁਹਾਡੇ ਵਿੱਚ ਸੱਚਾ ਜੀਵਨ ਨਹੀਂ ਹੋਵੇਗਾ।   54  ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਅਖੀਰਲੇ ਦਿਨ ਜਿਉਂਦਾ ਉੱਠਾਵਾਂਗਾ।   55  ਮੇਰਾ ਸਰੀਰ ਸੱਚਾ ਭੋਜਨ ਹੈ ਅਤੇ ਮੇਰਾ ਲਹੂ ਅਸਲੀ ਪੀਣ ਦੀ ਵਸਤੂ ਹੈ।   56  ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਨਿਵਾਸ ਕਰਦਾ ਅਤੇ ਮੈਂ ਉਸ ਵਿੱਚ ਨਿਵਾਸ ਕਰਦਾ ਹਾਂ।   57  “ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਵਾਂਗਾ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜਿਉਂਵੇਗਾ।   58  ਮੈਂ ਉਸ ਰੋਟੀ ਵਰਗਾ ਨਹੀਂ ਹਾਂ ਜਿਹੜੀ ਸਾਡੇ ਪੁਰਖਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਵੀ ਜੀਵੇਗਾ।”   59  ਜਦੋਂ ਯਿਸੂ ਕਫਰਨਾਹੂਮ ਦੇ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ।   60  ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣੀਆ ਅਤੇ ਆਖਿਆ, “ਇਹ ਉਪਦੇਸ਼ ਇੰਨਾ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸੱਕਦਾ ਹੈ?”   61  ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜ-ਬੁੜਾ ਰਹੇ ਸਨ ਇਸ ਲਈ ਉਸ ਨੇ ਆਖਿਆ, “ਕੀ ਇਹ ਉਪਦੇਸ਼ ਤੁਹਾਨੂੰ ਪਰੇਸ਼ਾਨ ਕਰਦਾ ਹੈ?   62  ਤਾਂ ਕੀ ਤੁਸੀਂ ਉਦੋਂ ਹੋਰ ਵੀ ਵੱਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਥੇ ਵਾਪਸ ਜਾਂਦਿਆਂ ਵੇਖੋਂਗੇ, ਜਿੱਥੇੋਂ ਉਹ ਆਇਆ ਸੀ?   63  ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਦੱਸੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।   64  ਪਰ ਤੁਹਾਡੇ ਵਿੱਚੋਂ ਕੁਝ ਯਕੀਨ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਮੁੜ ਪਵੇਗਾ।   65  ਯਿਸੂ ਨੇ ਕਿਹਾ, “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ‘ਕਿ ਜਦੋਂ ਤੱਕ ਪਿਤਾ ਇੱਕ ਵਿਅਕਤੀ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ ਉਹ ਮੇਰੇ ਕੋਲ ਨਹੀਂ ਆ ਸੱਕਦਾ।’”   66  ਇਸੇ ਕਾਰਣ, ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸਦਾ ਅਨੁਸਰਣ ਨਾ ਕੀਤਾ।   67  ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?”   68  ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਕੋਲ ਜਾਈਏ? ਤੇਰੇ ਕੋਲ ਸ਼ਬਦ ਹਨ ਜੋ ਸਦੀਪਕ ਜੀਵਨ ਦਿੰਦੇ ਹਨ।   69  ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੂੰ ਪਰਮੇਸ਼ੁਰ ਵੱਲੋਂ ਪਵਿੱਤਰ ਪੁਰੱਖ ਹੈਂ।”   70  ਤਾਂ ਯਿਸੂ ਨੇ ਜਵਾਬ ਦਿੱਤਾ, “ਮੈਂ ਤੁਹਾਡੇ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਜਣਾ ਸ਼ੈਤਾਨ ਹੈ।”   71  ਯਿਸੂ ਸ਼ਮਊਨ ਇਸੱਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਆਖ ਰਿਹਾ ਸੀ। ਉਹ ਬਾਰ੍ਹਾਂ ਵਿੱਚੋਂ ਇੱਕ ਸੀ ਪਰ ਉਸ ਨੇ ਯਿਸੂ ਦੇ ਵਿਰੁੱਧ ਹੋ ਜਾਣਾ ਸੀ।